ਧਰਮ ਲਈ ਆਪਾ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ
-ਸ. ਜਸਵਿੰਦਰ ਸਿੰਘ
ਸ਼ਹੀਦੋਂ ਕੀ ਕਤਲਗਾਹ ਸੇ, ਕਿਆ ਬੇਹਤਰ ਹੈ ਕਾਅਬਾ।
ਸ਼ਹੀਦੋਂ ਕੀ ਖਾਕ ਪੇ ਤੋ, ਖ਼ੁਦਾ ਭੀ ਕੁਰਬਾਨ ਹੋਤਾ ਹੈ।
ਸਿੱਖੀ ਅੰਦਰ ‘ਸ਼ਹੀਦੀ’ ਦਾ ਬਹੁਤ ਉਂਚਾ ਅਸਥਾਨ ਹੈ ਅਤੇ ‘ਸ਼ਹਾਦਤ’ ਦੇ ਸੰਕਲਪ ਦਾ ਮੁੱਖ ਧੁਰਾ ਧਰਮ ਹੈ। ਗੁਰੂ ਸਾਹਿਬਾਨ ਤੇ ਸਿੱਖਾਂ ਲਈ ਈਮਾਨ ਹੀ ਜਾਨ ਤੇ ਆਨ ਹੈ ਅਤੇ ਦੀਨ, ਦੁਨੀਆਂ ਨਾਲੋਂ ਜ਼ਿਆਦਾ ਪਿਆਰਾ ਹੈ। ਜਿਹੜਾ ਵੀ ਆਪਣੇ ਧਰਮ ਲਈ ਸ਼ਹੀਦ ਹੁੰਦਾ ਹੈ, ਆਪਾ ਕੁਰਬਾਨ ਕਰਦਾ ਹੈ, ਉਸ ਉਂਪਰ ਕਿਸੇ ਇਕ ਦੇਸ਼ ਜਾਂ ਕੌਮ ਦਾ ਹੀ ਹੱਕ ਨਹੀਂ ਹੁੰਦਾ, ਉਹ ਸਮੁੱਚੀ ਮਨੁੱਖਤਾ ਦਾ ਸ਼ਹੀਦ ਪ੍ਰਵਾਨਿਆ ਜਾਂਦਾ ਹੈ।
‘ਸ਼ਹੀਦ’ ਤੇ ‘ਸ਼ਹਾਦਤ’ ਦੋਨੋਂ ਅਰਬੀ ਭਾਸ਼ਾ ਦੇ ਸ਼ਬਦ ਹਨ। ‘ਸ਼ਹੀਦ’ ਸ਼ਬਦ ਦਾ ਅਰਥ ਹੈ, ਗਵਾਹੀ ਦੇਣ ਵਾਲਾ। ‘ਸ਼ਹਾਦਤ’ ਸ਼ਬਦ ਸ਼ਾਹਦੀ ਤੋਂ ਹੈ, ਜਿਸ ਦਾ ਅਰਥ ਹੈ ਗਵਾਹੀ। ਕਿਸੇ ਉਂਚ-ਆਦਰਸ਼, ਮੰਤਵ, ਵਿਸ਼ਵਾਸ, ਸਚਿਆਈ ਜਾਂ ਧਰਮ ਲਈ ਆਪਣੇ ਪ੍ਰਾਣ ਦੇਣ ਵਾਲਾ ਜਾਂ ਉਂਚੇ ਤੇ ਸੁੱਚੇ ਉਦੇਸ਼ ਦੀ ਪੂਰਤੀ ਲਈ ਲੜਦਿਆਂ ਹੋਇਆਂ ਮਰਨ ਵਾਲਾ ਸ਼ਹੀਦ ਅਖਵਾਉਂਦਾ ਹੈ। ਸ਼ਹੀਦ ਆਪਣੇ ਵਿਸ਼ਵਾਸ ਦੀ ਗਵਾਹੀ ਸਿਦਕ ਤੇ ਭਰਮ-ਭਉ ਤੋਂ ਰਹਿਤ ਹੋ ਕੇ ਦਿੰਦਾ ਹੈ। ਗੁਰਮਤਿ ਦੇ ਮਹਾਨ ਵਿਆਖਿਆਕਾਰ ਭਾਈ ਗੁਰਦਾਸ ਜੀ ਆਪਣੀਆਂ ਰਚਿਤ ਵਾਰਾਂ ਅੰਦਰ ‘ਸ਼ਹੀਦ’ ਦੀ ਪਰਿਭਾਸ਼ਾ ਇਸ ਤਰ੍ਹਾਂ ਦਿੰਦੇ ਹਨ:-
ਸਾਬਰੁ ਸਿਦਕਿ ਸਹੀਦੁ ਭਰਮ ਭਉ ਖੋਵਣਾ। (ਵਾਰ 3:18)
ਗੁਰਮਤਿ ਦੇ ਮਹਾਨ ਆਦਰਸ਼ ਸ਼ਹਾਦਤ ਨੂੰ ਦ੍ਰਿੜ੍ਹ ਕਰਵਾਉਣ ਲਈ ਗੁਰੂ ਕੇ ਸਿੱਖਾਂ ਅਤੇ ਗੁਰੂ ਸਾਹਿਬਾਨ ਨੂੰ ਆਪ ਵੀ ਬੇਮਿਸਾਲ ਕੁਰਬਾਨੀਆਂ ਦੇਣੀਆਂ ਪਈਆਂ ਹਨ। ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਅਸਹਿ ਤੇ ਅਕਹਿ ਤਸੀਹੇ ਦੇ ਕੇ ਸ਼ਹੀਦ ਕੀਤਾ ਗਿਆ। ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਦਿੱਲੀ ਦੇ ਚਾਂਦਨੀ ਚੌਂਕ ਵਿਚ ਸ਼ਹੀਦੀ ਦਿੱਤੀ। ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦੋ ਵੱਡੇ ਸਾਹਿਬਜ਼ਾਦਿਆਂ ਸਿੱਖੀ ਸਿਦਕ ’ਤੇ ਕਾਇਮ ਰਹਿੰਦਿਆਂ ਚਮਕੌਰ ਦੀ ਜੰਗ ਵਿਚ ਲੜਦਿਆਂ ਸ਼ਹੀਦੀ ਪ੍ਰਾਪਤ ਕੀਤੀ ਅਤੇ ਦੋ ਛੋਟੇ ਸਾਹਿਬਾਜ਼ਿਆਂ ਨੇ ਮੁਗ਼ਲ ਹਿਰਾਸਤ ਅੰਦਰ ਲਾਲਚ ਦਿੱਤੇ ਜਾਣ, ਡਰਾਏ ਤੇ ਧਮਕਾਏ ਜਾਣ ਤੇ ਤਸੀਹੇ ਦੇਣ ਦੇ ਬਾਵਜੂਦ ਵੀ ਸਿੱਖੀ ਵਿਚ ਆਪਣੇ ਵਿਸ਼ਵਾਸ ਨੂੰ ਆਂਚ ਨਹੀਂ ਆਉਣ ਦਿੱਤੀ ਅਤੇ ਸ਼ਹਾਦਤ ਪ੍ਰਾਪਤ ਕਰ ਗਏ।
ਇਨ੍ਹਾਂ ਤੋਂ ਬਾਅਦ ਬਾਬਾ ਬੰਦਾ ਸਿੰਘ ਬਹਾਦਰ ਅਤੇ ਹੋਰ ਅਣਗਿਣਤ ਸਿੰਘਾਂ-ਸਿੰਘਣੀਆਂ ਨੇ ਸਿੱਖੀ ’ਤੇ ਦ੍ਰਿੜ੍ਹਤਾ ਨਾਲ ਪਹਿਰਾ ਦਿੰਦਿਆਂ ਹੋਇਆਂ ਸ਼ਹੀਦੀਆਂ ਪ੍ਰਾਪਤ ਕੀਤੀਆਂ ਤੇ ਸਿੱਖੀ ਸਿਦਕ ਨੂੰ ਕਾਇਮ ਰੱਖਿਆ।
ਐਸੇ ਯੋਧੇ ਤੇ ਸੂਰਬੀਰ ਸਮੇਂ-ਸਮੇਂ ਇਸ ਸੰਸਾਰ ਅੰਦਰ ਪੈਦਾ ਹੁੰਦੇ ਰਹਿੰਦੇ ਹਨ। ਇਨ੍ਹਾਂ ਮਹਾਨ ਸੂਰਬੀਰਾਂ ਵਿੱਚੋਂ ਹੀ ਇਕ ਸਨ ਬਾਬਾ ਦੀਪ ਸਿੰਘ ਜੀ, ਜਿਨ੍ਹਾਂ ਨੂੰ ‘ਸ਼ਹੀਦ’ ਨਾਮ ਨਾਲ ਸਤਿਕਾਰਿਆ ਅਤੇ ਜਾਣਿਆ ਜਾਂਦਾ ਹੈ।
ਬਾਬਾ ਦੀਪ ਸਿੰਘ ਜੀ ਦਾ ਜਨਮ 26 ਜਨਵਰੀ 1682 ਨੂੰ ਮਾਤਾ ਜੀਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਦੇ ਗ੍ਰਹਿ ਵਿਖੇ ਹੋਇਆ। ਮਾਤਾ-ਪਿਤਾ ਨੇ ਬਾਲਕ ਦਾ ਨਾਮ ‘ਦੀਪਾ’ ਰੱਖਿਆ। ਥੋੜ੍ਹੀ ਸੁਰਤ ਸੰਭਾਲਣ ਤੋਂ ਬਾਅਦ ਇਹ ਨੌਜਵਾਨ ਅਵਸਥਾ ਵਿਚ ਵਿਚਰਦਿਆਂ ਬਾਲਕ ‘ਦੀਪਾ’ ਸਤਿਗੁਰਾਂ ਦੇ ਪਾਵਨ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਚਰਨਾਂ ਵਿਚ ਜਾ ਹਾਜ਼ਰ ਹੋਇਆ। ਇਥੇ ਹੀ ਸਤਿਗੁਰਾਂ ਦੇ ਪਵਿੱਤਰ ਕਰ-ਕਮਲਾਂ ਰਾਹੀਂ ਨੌਜਵਾਨ ‘ਦੀਪੇ’ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਆਪ ਜੀ ਦਾ ਨਾਮ ‘ਦੀਪ ਸਿੰਘ’ ਰੱਖਿਆ ਗਿਆ। ਆਪ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਅੰਦਰ ਰਹਿੰਦਿਆਂ ਭਾਈ ਮਨੀ ਸਿੰਘ ਜੀ ਦੀ ਦੇਖ-ਰੇਖ ਹੇਠ ਪਵਿੱਤਰ ਧਾਰਮਿਕ ਗੰ੍ਰਥਾਂ ਤੇ ਗੁਰਬਾਣੀ ਦਾ ਡੂੰਘਾ ਅਧਿਐਨ ਕੀਤਾ। ਆਪ ਹਮੇਸ਼ਾਂ ਪਾਵਨ ਬਾਣੀ ਦੇ ਪਾਠ, ਭਜਨ-ਬੰਦਗੀ ਵਿਚ ਮਸਤ ਰਹਿੰਦੇ ਸਨ। ਆਪ ਸਰੀਰ ਦੇ ਸੁਡੌਲ ਅਤੇ ਦ੍ਰਿੜ੍ਹ ਇਰਾਦੇ ਵਾਲੇ ਭਜਨੀਕ ਅਤੇ ਧਾਰਮਿਕ ਬਿਰਤੀ ਵਾਲੇ ਪੁਰਸ਼ ਸਨ।
20-22 ਸਾਲ ਦੀ ਉਮਰ ਵਿਚ ਹੀ ਬਾਬਾ ਦੀਪ ਸਿੰਘ ਇਕ ਸਿਆਣੇ ਵਿਦਵਾਨ ਤੇ ਸੂਰਬੀਰ ਸੈਨਿਕ ਬਣ ਗਏ। ਇਕ ਪਾਸੇ ਤਾਂ ਆਪ ਸਿੱਖ ਸੰਗਤ ਅੰਦਰ ਪਾਵਨ ਗੁਰਬਾਣੀ ਦਾ ਗਿਆਨ ਕਰਵਾਉਂਦੇ ਅਤੇ ਗੁਰੂ ਜੀ ਦੇ ਆਦੇਸ਼ ਅਨੁਸਾਰ ਖੰਡੇ-ਬਾਟੇ ਦਾ ਅੰਮ੍ਰਿਤ ਛਕਾ ਕੇ ਸਿੱਖਾਂ ਵਿਚ ਨਵਾਂ ਧਾਰਮਿਕ ਜੋਸ਼ ਭਰਦੇ ਸਨ, ਦੂਸਰੇ ਪਾਸੇ ਆਪ ਸਿੰਘ ਸੂਰਮਿਆਂ ਦੇ ਜਥੇ ਤਿਆਰ ਕਰਕੇ ਲੋੜ ਸਮੇਂ ਮੈਦਾਨ-ਏ-ਜੰਗ ਵਿਚ ਜਾ ਕੇ ਜੈਕਾਰੇ ਬੁਲਾਉਂਦੇ ਸਨ। ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸ੍ਰੀ ਅਨੰਦਪੁਰ ਸਾਹਿਬ ਨੂੰ ਛੱਡਣ ਉਪਰੰਤ ਵੱਖ-ਵੱਖ ਅਸਥਾਨਾਂ ਰਾਹੀਂ ਹੁੰਦੇ ਹੋਏ ਪਾਵਨ ਅਸਥਾਨ ਦਮਦਮਾ ਸਾਹਿਬ, ਤਲਵੰਡੀ ਸਾਬੋ, ਜ਼ਿਲ਼੍ਹਾ ਬਠਿੰਡਾ ਵਿਖੇ ਪਹੁੰਚੇ। ਇਸ ਪਾਵਨ ਅਸਥਾਨ ’ਤੇ ਬਾਬਾ ਦੀਪ ਸਿੰਘ ਜੀ ਗੁਰੂ ਪਾਤਸ਼ਾਹ ਜੀ ਦੇ ਚਰਨਾਂ ਵਿਚ ਹਾਜ਼ਰ ਹੋਏ। ਆਪ ਜੀ ਇਕ ਮਹਾਨ ਕੀਰਤਨੀਏ ਤੇ ਵਧੀਆ ਲਿਖਾਰੀ ਵੀ ਸਨ।
ਜਦੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਦਿ ਬੀੜ ਦੀ ਤਿਆਰੀ ਦਾ ਕੰਮ ਮੁੜ ਕੇ ਆਰੰਭ ਕੀਤਾ ਤਾਂ ਉਸ ਸਮੇਂ ਬਾਬਾ ਦੀਪ ਸਿੰਘ ਜੀ ਦਸਮ ਪਾਤਸ਼ਾਹ ਜੀ ਦੇ ਹੁਕਮ ਅਨੁਸਾਰ ਲਿਖਾਰੀ ਦਾ ਕੰਮ ਕਰਦੇ ਰਹੇ। ਗੁਰੂ ਪਾਤਸ਼ਾਹ ਜੀ ਜਦੋਂ ਦੱਖਣ ਵੱਲ ਗਏ ਤਾਂ ਬਾਬਾ ਦੀਪ ਸਿੰਘ ਜੀ ਨੂੰ ‘ਗੁਰੂ ਕੀ ਕਾਂਸ਼ੀ’ ਦਮਦਮਾ ਸਾਹਿਬ ਦੇ ਅਸਥਾਨ ਦੀ ਸੇਵਾ-ਸੰਭਾਲ ਅਤੇ ਗੁਰਬਾਣੀ ਪੜ੍ਹਨ-ਪੜ੍ਹਾਉਣ ਤੇ ਲਿਖਵਾਉਣ ਦੀ ਸੇਵਾ ਲਈ ਨਿਯਤ ਕਰ ਗਏ ਸਨ। ਬਾਬਾ ਦੀਪ ਸਿੰਘ ਜੀ ਨੇ ਇਹ ਸੇਵਾ ਬਹੁਤ ਸ਼ਰਧਾ ਤੇ ਪ੍ਰੇਮ ਸਹਿਤ ਨਿਭਾਈ। ਆਪ ਖ਼ੁਦ ਗੁਰਬਾਣੀ ਦੇ ਅਭਿਲਾਸ਼ੀ ਅਤੇ ਰਸੀਏ ਹੋਣ ਕਰਕੇ ਵਿਸ਼ੇਸ਼ ਦਿਲਚਸਪੀ ਨਾਲ ਇਹ ਕਾਰਜ ਕਰਦੇ ਅਤੇ ਸਥਾਨਕ ਸੰਗਤਾਂ ਨੂੰ ਸਿੱਖੀ ਤੋਂ ਜਾਣੂ ਕਰਵਾਉਂਦੇ ਸਨ। ਇਸ ਸਮੇਂ ਦੌਰਾਨ ਹੀ ਬਾਬਾ ਜੀ ਨੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀਆਂ ਚਾਰ ਬੀੜਾਂ ਦਾ ਆਪਣੇ ਹੱਥੀਂ ਉਤਾਰਾ ਕੀਤਾ ਸੀ। ਕਿਹਾ ਜਾਂਦਾ ਹੈ ਕਿ ਭਾਈ ਮਨੀ ਸਿੰਘ ਜੀ ਦੀ ਸ਼ਹਾਦਤ ਤੋਂ ਪਿੱਛੋਂ ਬਾਬਾ ਦੀਪ ਸਿੰਘ ਜੀ ਹੀ ਵੱਡੇ ਸਿੱਖ ਵਿਦਵਾਨ ਸਨ।
17ਵੀਂ ਸਦੀ ਵਿਚ ਸਮੁੱਚਾ ਖਾਲਸਾ ਪੰਥ ਜੰਗਲਾਂ ਤੇ ਪਹਾੜਾਂ ਵਿੱਚੋਂ ਬਾਹਰ ਆ ਕੇ ਇਕ ਸੰਗਠਿਤ ਰੂਪ ਵਿਚ ਇਕੱਤਰ ਹੋਇਆ। ਖਾਲਸਾ ਪੰਥ ਦੀਆਂ ਸਮੁੱਚੀਆਂ ਜਥੇਬੰਦੀਆਂ ਨੂੰ ਇਕੱਤਰ ਕਰ ਕੇ 12 ਮਿਸਲਾਂ ਅੰਦਰ ਵੰਡਿਆ ਗਿਆ ਜਿਸ ਦੇ 12 ਮੁੱਖ ਜਥੇਦਾਰ ਥਾਪੇ ਗਏ। ਇਨ੍ਹਾਂ ਮਿਸਲਾਂ ਵਿੱਚੋਂ ਇਕ ਮਿਸਲ ਦਾ ਨਾਂ ਸੀ ‘ਸ਼ਹੀਦ ਮਿਸਲ’। ਬਾਬਾ ਦੀਪ ਸਿੰਘ ਜੀ ਇਸ ‘ਸ਼ਹੀਦ ਮਿਸਲ’ ਦੇ ਮੁੱਖ ਜਥੇਦਾਰ ਸਨ। ਇਸ ਸਦੀ ਅੰਦਰ ਭਾਰਤ ਨੂੰ ਵਿਦੇਸ਼ੀ ਹਮਲਾਵਾਰਾਂ ਨੇ ਖ਼ੂਬ ਲੁੱਟਿਆ ਤੇ ਇਥੋਂ ਦੀਆਂ ਬਹੂ-ਬੇਟੀਆਂ ਦੀ ਇੱਜ਼ਤ ਨੂੰ ਮਿੱਟੀ ਵਿਚ ਰੋਲ਼ਿਆ। ਇਸ ਸਮੇਂ ਮਿਸਲਾਂ ਦੇ ਜਥੇਦਾਰਾਂ ਨੇ ਮਿਲ ਕੇ ਇਨ੍ਹਾਂ ਅਫ਼ਗਾਨ ਧਾੜਵੀਆਂ ਦਾ ਮੁਕਾਬਲਾ ਕਰਨਾ ਸ਼ੁਰੂ ਕੀਤਾ ਜਿਸ ਨਾਲ ਭਾਰਤ ਦਾ ਲੁੱਟਿਆ ਬਹੁ-ਕੀਮਤੀ ਮਾਲ-ਅਸਬਾਬ ਵਾਪਸ ਦਿਵਾਇਆ ਜਾਂਦਾ ਰਿਹਾ। ਸਿੱਖੀ ਪਰੰਪਰਾ ਦਾ ਇਕ ਅਨਿੱਖੜਵਾਂ ਤੇ ਸਰਵੋਤਮ ਪੱਖ ਹੈ ਕਿ ਕਿਸੇ ਮਜ਼ਲੂਮ ਤੇ ਗਰੀਬ ਦੀ ਰੱਖਿਆ ਕਰਨਾ ਅਤੇ ਅਨਿਆਂ ਵਿਰੁੱਧ ਡਟ ਕੇ ਪਹਿਰਾ ਦੇਣਾ। ਉਸ ਸਮੇਂ ਸਿੱਖ ਪੰਥ ਨੇ ਸਿੱਖੀ ਦੀ ਇਸ ਮਹਾਨ ਪਰੰਪਰਾ ਉਂਪਰ ਬਾਖ਼ੂਬੀ ਅਮਲ ਕਰਦਿਆਂ ਪਹਿਰਾ ਦਿੱਤਾ ਅਤੇ ਮੁਗ਼ਲ ਤੇ ਅਫ਼ਗਾਨ ਧਾੜਵੀਆਂ ਨੂੰ ਪਛਾੜਿਆ।
ਅਹਿਮਦ ਸ਼ਾਹ ਦੁਰਾਨੀ ਜੋ ਸਿੱਖਾਂ ਦੇ ਸਖ਼ਤ ਵਿਰੁੱਧ ਸੀ ਅਤੇ ਸਿੱਖਾਂ ਨੂੰ ਖ਼ਤਮ ਕਰਨ ਉਂਤੇ ਤੁਲਿਆ ਹੋਇਆ ਸੀ, ਆਪਣੇ 1757 ਈ: ਦੇ ਹਿੰਦੁਸਤਾਨ ਦੇ ਹਮਲੇ ਵੇਲੇ ਦਿੱਲੀ ਜਾਂਦਾ ਹੋਇਆ ਕੁਝ ਦੇਰ ਲਈ ਲਾਹੌਰ ਠਹਿਰਿਆ। ਉਸ ਨੇ ਅੰਮ੍ਰਿਤਸਰ ਸ਼ਹਿਰ ਨੂੰ ਲੁੱਟਿਆ ਅਤੇ ਸ਼ਹਿਰ ਦੀਆਂ ਇਮਾਰਤਾਂ ਨੂੰ ਢਾਹਿਆ। ਇਸ ਹਮਲੇ ਸਮੇਂ ਅੰਮ੍ਰਿਤਸਰ ਸ਼ਹਿਰ ਦੇ ਇਨਚਾਰਜ ਜਹਾਨ ਖਾਨ ਦੁਆਰਾ ਸ੍ਰੀ ਦਰਬਾਰ ਸਾਹਿਬ ਜੀ ਦੀ ਬੇਅਦਬੀ ਕਰਨ, ਪਵਿੱਤਰ ਸਰੋਵਰ ਨੂੰ ਪੂਰ ਦੇਣ ਦੀ ਖ਼ਬਰ ਜਦੋਂ ਬਾਬਾ ਦੀਪ ਸਿੰਘ ਜੀ ਨੂੰ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੇ ਅਸਥਾਨ ’ਤੇ ਪੁੱਜੀ ਤਾਂ ਆਪ ਦੇ ਦਿਲ ’ਤੇ ਅਸਹਿ ਸੱਟ ਵੱਜੀ। ਆਪ ਜੀ ਨੇ ਸ੍ਰੀ ਦਰਬਾਰ ਸਾਹਿਬ ਜੀ ਦੀ ਪਵਿੱਤ੍ਰਤਾ ਭੰਗ ਕਰਨ ਵਾਲਿਆਂ ਨਾਲ ਟੱਕਰ ਲੈਣ ਦਾ ਫੈਸਲਾ ਕਰ ਲਿਆ। ਆਸ-ਪਾਸ ਦੇ ਨਗਰਾਂ ਤੇ ਟਿਕਾਣਿਆਂ ’ਤੇ ਇਤਲਾਹ ਦਿੱਤੀ ਗਈ। ਵੱਖ-ਵੱਖ ਨਗਰਾਂ ਤੋਂ ਅਣਗਿਣਤ ਸਿੰਘ ਬਾਬਾ ਜੀ ਦੀ ਅਗਵਾਈ ਵਿਚ ਪਾਵਨ ਧਰਮ ਅਸਥਾਨ ਦੀ ਰੱਖਿਆ ਲਈ ਹਾਜ਼ਰ ਹੋਏ। ਇਸ ਤਰ੍ਹਾਂ ਦਲ ਖਾਲਸਾ ਦੀ ਗਿਣਤੀ ਅਣਗਿਣਤ ਹੋ ਗਈ। ਬਿਆਸ ਦਰਿਆ ਪਾਰ ਕਰਕੇ ਸਿੰਘਾਂ ਦਾ ਜੱਥਾ ਮਾਝੇ ਦੇ ਇਲਾਕੇ ਅੰਦਰ ਦਾਖਲ ਹੋਇਆ। ਤਰਨਤਾਰਨ ਸਾਹਿਬ ਦੇ ਪਾਵਨ ਅਸਥਾਨ ਵਿਖੇ ਪਹੁੰਚ ਕੇ ਸਿੰਘਾਂ ਦੇ ਸਾਰੇ ਸਮੂਹ ਨੇ ਅਰਦਾਸ-ਬੇਨਤੀ ਕੀਤੀ। ਇਸ ਸ਼ਹਿਰ ਤੋਂ ਬਾਹਰ ਆ ਕੇ ਬਾਬਾ ਦੀਪ ਸਿੰਘ ਜੀ ਨੇ ਇਕ ਲਕੀਰ ਖਿੱਚੀ ਅਤੇ ਕਿਹਾ ਕਿ ਜੋ ਸ਼ਹੀਦੀ ਪਾਉਣ ਲਈ ਤਿਆਰ ਹੈ, ਉਹ ਇਸ ਲਕੀਰ ਨੂੰ ਪਾਰ ਕਰੇ, ਜਿਹੜਾ ਸ਼ਹੀਦ ਨਹੀਂ ਹੋਣਾ ਚਾਹੁੰਦਾ ਉਹ ਵਾਪਸ ਚਲਿਆ ਜਾਵੇ। ਸਾਰੇ ਸਿੰਘ ਜੈਕਾਰੇ ਗਜਾਉਂਦੇ ਹੋਏ ਲਕੀਰ ਪਾਰ ਕਰਕੇ ਅੰਮ੍ਰਿਤਸਰ ਵੱਲ ਵਧਣ ਲੱਗੇ।
ਇਧਰ ਜਹਾਨ ਖਾਨ ਨੂੰ ਵੀ ਸੂਹੀਏ ਰਾਹੀਂ ਪਤਾ ਲੱਗ ਗਿਆ ਕਿ ਸਿੱਖ ਉਨ੍ਹਾਂ ਉਂਪਰ ਹਮਲਾ ਕਰਨ ਲਈ ਆ ਰਹੇ ਹਨ। ਇਹ ਖ਼ਬਰ ਸੁਣ ਕੇ ਜਹਾਨ ਖਾਨ ਨੇ ਆਪਣੇ ਸਹਾਇਕ ਅਤਾਈ ਖਾਨ ਨੂੰ ਸਿੱਖਾਂ ਉਂਤੇ ਹਮਲਾ ਕਰਨ ਦੇ ਆਦੇਸ਼ ਦਿੱਤੇ। ਜਹਾਨ ਖਾਨ ਆਪ ਘੋੜ ਸਵਾਰ ਫੌਜ ਨਾਲ ਲੈ ਕੇ ਅੰਮ੍ਰਿਤਸਰ ਸ਼ਹਿਰ ਤੋਂ ਬਾਹਰ ਗੋਹਲਵੜ ਦੇ ਸਥਾਨ ’ਤੇ ਪਹੁੰਚ ਗਿਆ, ਜਿੱਥੇ ਸਿੰਘਾਂ ਤੇ ਅਫ਼ਗਾਨਾਂ ਦੀ ਟੱਕਰ ਹੋਈ। ਅਫ਼ਗਾਨ ਸਿੰਘਾਂ ਦਾ ਟਾਕਰਾ ਨਾ ਕਰ ਸਕੇ। ਸਿੰਘਾਂ ਦੇ ਅੱਗੇ ਲੱਗ ਕੇ ਮੈਦਾਨੋਂ ਭੱਜ ਨਿਕਲੇ। ਇਤਨੇ ਨੂੰ ਜਹਾਨ ਖਾਨ ਦਾ ਸਹਾਇਕ ਅਤਾਈ ਖਾਨ ਆਪਣੀ ਭਾਰੀ ਫੌਜ ਲੈ ਕੇ ਆ ਗਿਆ, ਜਿਸ ਨਾਲ ਮੈਦਾਨ-ਏ-ਜੰਗ ਦੀ ਰੂਪ-ਰੇਖਾ ਬਦਲ ਗਈ। ਇਸ ਘਮਸਾਨ ਦੀ ਜੰਗ ਅੰਦਰ ਸਿੱਖਾਂ ਦਾ ਜਾਨੀ ਨੁਕਸਾਨ ਹੋਣਾ ਸ਼ੁਰੂ ਹੋ ਗਿਆ। ਸਿੰਘ ਇਕ-ਇਕ ਕਰਕੇ ਸ਼ਹੀਦ ਹੋਣ ਲੱਗੇ। ਇਸ ਯੁੱਧ ਵਿਚ ਹੌਲੀ-ਹੌਲੀ ਸਿੰਘ ਅਫ਼ਗਾਨਾਂ ਨੂੰ ਧੱਕਦੇ-ਧੱਕਦੇ ਅੰਮ੍ਰਿਤਸਰ ਸ਼ਹਿਰ ਦੇ ਬਾਹਰਵਾਰ ਚਾਟੀਵਿੰਡ ਦਰਵਾਜੇ ਦੇ ਨੇੜੇ ਗੁਰਦੁਆਰਾ ਰਾਮਸਰ ਸਾਹਿਬ ਦੇ ਨੇੜੇ ਪੁੱਜ ਗਏ। ਬਾਬਾ ਦੀਪ ਸਿੰਘ ਜੀ 8 ਸੇਰ ਕੱਚੇ ਦਾ ਦੋ-ਧਾਰਾ ਖੰਡਾ ਖੜਕਾਉਂਦੇ ਵੈਰੀਆਂ ਨੂੰ ਸਦਾ ਦੀ ਨੀਂਦ ਸੁਆਉਂਦੇ ਹੋਏ ਅੱਗੇ ਵਧਦੇ ਜਾ ਰਹੇ ਸਨ। ਉਹ ਸਖ਼ਤ ਜਖ਼ਮੀ ਹੋ ਗਏ ਸਨ। ਅਫ਼ਗਾਨ ਦੁਸ਼ਮਣ ਦਾ ਇਕ ਕਮਾਂਡਰ ਅਮਾਨ ਖਾਨ ਅੱਗੇ ਵਧਿਆ ਤੇ ਬਾਬਾ ਜੀ ’ਤੇ ਵਾਰ ਕਰਨ ਲੱਗਾ। ਅੱਗੋਂ ਬਾਬਾ ਜੀ ਨੇ ਵੀ ਵਾਰ ਕੀਤਾ। ਇਸ ਸਾਂਝੇ ਵਾਰ ਵਿਚ ਬਾਬਾ ਜੀ ਨੇ ਉਸ ਮੁਗ਼ਲ ਕਮਾਂਡਰ ਨੂੰ ਤਾਂ ਥਾਂ ’ਤੇ ਹੀ ਖ਼ਤਮ ਕਰ ਦਿੱਤਾ ਪਰ ਨਾਲ ਹੀ ਇਨ੍ਹਾਂ ਦੀ ਧੌਣ ਉਂਤੇ ਇਕ ਘਾਤਕ ਘਾਉ ਲੱਗਾ, ਜਿਸ ਨਾਲ ਬਾਬਾ ਜੀ ਦਾ ਸੀਸ ਇਕ ਪਾਸੇ ਉਲਰ ਗਿਆ। ਬਾਬਾ ਜੀ ਆਪਣੇ ਪਵਿੱਤਰ ਸੀਸ ਨੂੰ ਹੱਥ ਦਾ ਸਹਾਰਾ ਦਿੰਦੇ ਹੋਏ ਲੜਦੇ ਗਏ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾਂ ਤਕ ਜਾ ਪਹੁੰਚੇ। ਇਥੋਂ ਤਕ ਅੱਪੜਦਿਆਂ ਬਾਬਾ ਜੀ ਨੇ ਕਈ ਪਠਾਣ ਤੇ ਅਫ਼ਗਾਨ ਮਾਰ ਮੁਕਾਏ ਸਨ। ਇਸ ਤਰ੍ਹਾਂ ਇਸ ਘਮਸਾਨ ਦੀ ਜੰਗ ਅੰਦਰ ਅਫ਼ਗਾਨ ਜਰਨੈਲਾਂ ਦੇ ਮਾਰੇ ਜਾਣ ਨਾਲ ਅਫ਼ਗਾਨੀ ਫੌਜ ਦੇ ਹੌਸਲੇ ਟੁੱਟ ਗਏ ਤੇ ਬਾਬਾ ਦੀਪ ਸਿੰਘ ਜੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾਂ ਅੰਦਰ ਪਹੁੰਚ ਕੇ ਸ਼ਹੀਦੀ ਪ੍ਰਾਪਤ ਕਰ ਗਏ। ਸੰਨ 1757 ਈ: ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਰੱਖਿਆ ਹਿਤ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿਚ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਨੇੜੇ ਇਕ ਥੜ੍ਹੇ ਉਂਪਰ ਨਿਸ਼ਾਨ ਸਾਹਿਬ ਝੁਲਾਇਆ ਹੋਇਆ ਹੈ। ਉਸ ਥੜ੍ਹੇ ਉਂਪਰ ਕੁਝ ਸਿੰਘਾਂ ਦੇ ਨਾਮ ਹੇਠ ਲਿਖੇ ਅਨੁਸਾਰ ਲਿਖੇ ਹੋਏ ਹਨ:
1. ਬਾਬਾ ਦੀਪ ਸਿੰਘ ਜੀ ਸ਼ਹੀਦ ਹੈਂਡ ਜਥੇਦਾਰ
2. ਬਾਬਾ ਬਲਵੰਤ ਸਿੰਘ ਜੀ ਸ਼ਹੀਦ ਜਥੇਦਾਰ
3. ਬਾਬਾ ਹੀਰਾ ਸਿੰਘ ਜੀ ਸ਼ਹੀਦ ਜਥੇਦਾਰ
4. ਬਾਬਾ ਗੰਡਾ ਸਿੰਘ ਜੀ ਸ਼ਹੀਦ ਜਥੇਦਾਰ
5. ਬਾਬਾ ਲਹਿਣਾ ਸਿੰਘ ਜੀ ਸ਼ਹੀਦ ਜਥੇਦਾਰ
6. ਬਾਬਾ ਰਣ ਸਿੰਘ ਜੀ ਸ਼ਹੀਦ ਜਥੇਦਾਰ
7. ਬਾਬਾ ਗੁਪਾਲ ਸਿੰਘ ਜੀ ਸ਼ਹੀਦ ਜਥੇਦਾਰ
8. ਬਾਬਾ ਭਾਗ ਸਿੰਘ ਜੀ ਸ਼ਹੀਦ ਜਥੇਦਾਰ
9. ਬਾਬਾ ਸੱਜਣ ਸਿੰਘ ਜੀ ਸ਼ਹੀਦ ਜਥੇਦਾਰ
10. ਬਾਬਾ ਬਹਾਦਰ ਸਿੰਘ ਜੀ ਸ਼ਹੀਦ ਜਥੇਦਾਰ
ਇਸ ਤਰ੍ਹਾਂ ਬਾਬਾ ਦੀਪ ਸਿੰਘ ਜੀ ਅਤੇ ਉਨ੍ਹਾਂ ਦੇ ਸਾਥੀ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਦਾ ਜ਼ਾਲਮਾਂ ਤੋਂ ਬਦਲਾ ਲੈਂਦੇ ਹੋਏ ਅਤੇ ਧਰਮ ਤੇ ਕੌਮ ਦੀ ਸ਼ਾਨ ਬਦਲੇ ਆਪਣੀਆਂ ਜਾਨਾਂ ਕੁਰਬਾਨ ਕਰ ਗਏ।
ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਅਸਥਾਨ ਗੁਰਦੁਆਰਾ ਰਾਮਸਰ ਸਾਹਿਬ ਦੇ ਨੇੜੇ ਹੈ, ਜਿੱਥੇ ਅੱਜਕਲ੍ਹ ‘ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ’ ਸੁਸ਼ੋਭਿਤ ਹੈ। ਸ੍ਰੀ ਹਰਿਮੰਦਰ ਸਾਹਿਬ ਦੀਆਂ ਪਰਕਰਮਾਂ ਵਿਚ ਜਿੱਥੇ ਬਾਬਾ ਜੀ ਨੇ ਸੀਸ ਭੇਟ ਕੀਤਾ ਸੀ, ਉਥੇ ਵੀ ਪਾਵਨ ਗੁਰਦੁਆਰਾ ਸਾਹਿਬ ਸੁਭਾਇਮਾਨ ਹੈ। ਬਾਬਾ ਦੀਪ ਸਿੰਘ ਜੀ ਦਾ ਉਹ ਦੋ-ਧਾਰਾ ਖੰਡਾ ਸ੍ਰੀ ਅਕਾਲ ਤਖਤ ਸਾਹਿਬ ਦੇ ਸ਼ਸਤਰਾਂ ਵਿਚ ਸੰਭਾਲ ਕੇ ਰੱਖਿਆ ਗਿਆ, ਜਿਸ ਦੇ ਹਰ ਰੋਜ਼ ਸ਼ਾਮ ਨੂੰ ਸੰਗਤਾਂ ਨੂੰ ਦਰਸ਼ਨ ਕਰਵਾਏ ਜਾਂਦੇ ਹਨ।
ਧਰਮ ਪ੍ਰਤੀ ਆਪਾ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਸ਼ਹਾਦਤ ਸਿੱਖ ਪੰਥ ਅੰਦਰ ਗੁਰੂ-ਘਰ ਦੀ ਹੋ ਰਹੀ ਬੇਅਦਬੀ ਨੂੰ ਰੋਕਣ ਲਈ ਦਿੱਤੀ ਗਈ ਇਕ ਮਹਾਨ ਸ਼ਹਾਦਤ ਹੈ, ਜਿਹੜੀ ਸਾਨੂੰ ਸਾਰਿਆਂ ਨੂੰ ਸਾਡੇ ਪਾਵਨ ਧਰਮ ਅਸਥਾਨਾਂ ਦੀ ਦਿੱਖ ਅਤੇ ਰਹਿਤ ਮਰਯਾਦਾ ਨੂੰ ਕਾਇਮ ਤੇ ਬਰਕਰਾਰ ਰੱਖਣ ਲਈ ਉਦੋਂ ਤੋਂ ਹੁਣ ਤਕ ਪ੍ਰੇਰਨਾ ਕਰਦੀ ਆ ਰਹੀ ਹੈ ਅਤੇ ਕਰਦੀ ਹੀ ਰਹੇਗੀ।